ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਹਿੰਸਾ ਮਾਮਲੇ ‘ਚ ਤਿੰਨ ਹੋਰ ਵਿਦਿਆਰਥੀ ਗ੍ਰਿਫ਼ਤਾਰ, ਹੁਣ ਤੱਕ 11 ਕਾਬੂ
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਫਗਵਾੜਾ ਪੁਲਿਸ ਨੇ ਤਿੰਨ ਹੋਰ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਵੱਖ-ਵੱਖ ਥਾਵਾਂ ਤੋਂ ਕਾਬੂ ਕਰਕੇ ਅੱਜ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ।
ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਪਛਾਣ ਬਿਸ਼ਿਆ ਪੁੱਤਰ ਅਸ਼ੋਕ ਕੁਮਾਰ ਵਾਸੀ ਮਹਾਰਾਸ਼ਟਰ, ਕ੍ਰਿਸ਼ਨਾ ਪੁੱਤਰ ਰਾਜੇਸ਼ ਵਾਸੀ ਬਿਹਾਰ ਅਤੇ ਯੋਗੇਸ਼ ਪੁੱਤਰ ਸੰਪਤ ਵਾਸੀ ਰਾਜਸਥਾਨ ਵਜੋਂ ਹੋਈ ਹੈ। ਤਿੰਨੇ ਯੂਨੀਵਰਸਿਟੀ ਦੇ ਵਿਦਿਆਰਥੀ ਹਨ। ਪੁਲਿਸ ਨੇ ਦੱਸਿਆ ਕਿ ਤਿੰਨਾਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਵਿੱਚੋਂ ਯੋਗੇਸ਼ ਨੂੰ ਲਵਲੀ ਯੂਨੀਵਰਸਿਟੀ ਦੇ ਹੇਠਲੇ ਦਰਵਾਜ਼ੇ ਤੋਂ ਕਾਬੂ ਕੀਤਾ ਗਿਆ।
ਪੁਲਿਸ ਦਾ ਦੋਸ਼ ਹੈ ਕਿ ਹਿੰਸਾ ਦੌਰਾਨ ਮੁਲਜ਼ਮਾਂ ਵੱਲੋਂ ਵਾਹਨਾਂ ਦੀ ਭੰਨਤੋੜ ਕੀਤੀ ਗਈ, ਸੜਕ ਨੂੰ ਰੋਕਿਆ ਗਿਆ ਅਤੇ ਹੋਰ ਵਿਦਿਆਰਥੀਆਂ ਨੂੰ ਹਿੰਸਾ ਲਈ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ ਵਿੱਚ ਕਪੂਰਥਲਾ ਪੁਲਿਸ ਹੁਣ ਤੱਕ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਲਗਾਤਾਰ ਜਾਰੀ ਹੈ ਅਤੇ ਹਿੰਸਾ ਨਾਲ ਜੁੜੇ ਹੋਰ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਦੌਰਾਨ ਪੁਲਿਸ ਵੱਲੋਂ ਹਿੰਸਾ ਦੇ ਕਥਿਤ ਮੁੱਖ ਸਾਜ਼ਿਸ਼ਕਰਤਾ ਫਰਹਤ ਦੇਵ ਦੀ ਵੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਅਜੇ ਤੱਕ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਉਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਟੀਮਾਂ ਵੱਲੋਂ ਜੰਮੂ-ਕਸ਼ਮੀਰ ਵਿੱਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਹੋਰ ਵਿਅਕਤੀਆਂ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।