ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਸ਼ੁਰੂ, ਕਾਂਗਰਸੀ ਵਿਧਾਇਕਾਂ ਵੱਲੋਂ ਨਾਅਰੇਬਾਜ਼ੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਅੱਜ ਆਖਰੀ ਦਿਨ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ। ਵਿਧਾਨ ਸਭਾ ‘ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ, ਜਿਸਦੇ ਚੱਲਦੇ ਉਨ੍ਹਾਂ ਨੂੰ ਸਦਨ ਚ ਆਉਣ ਦੀ ਇਜਾਜ਼ਤ ਨਹੀਂ ਸੀ, ਪਰ ਕਾਂਗਰਸੀ ਵਿਧਾਇਕਾਂ ਨੇ ਖਹਿਰਾ ਨੂੰ ਸਦਨ ਚ ਆਉਣ ਦੇਣ ਦੀ ਮੰਗ ਕੀਤੀ ਹੈ।

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਕੋਲ ਇਹ ਮੁੱਦਾ ਉਠਾਉਂਦੇ ਹੋਏ ਕਿਹਾ ਕਿ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸਦਨ ਦੀ ਕਾਰਵਾਈ ‘ਚ ਹਿੱਸਾ ਲੈਣ ਤੋਂ ਨਹੀਂ ਰੋਕਿਆ ਜਾਣਾ ਚਾਹੀਦਾ। ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਰੋਧੀ ਧਿਰ ਦੇ ਮੈਂਬਰ ਨੂੰ ਸਦਨ ‘ਚ ਦਾਖਲ ਹੋਣ ਤੋਂ ਨਹੀਂ ਰੋਕਿਆ ਜਾਵੇਗਾ, ਬਸ਼ਰਤੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਗਈ ਹੋਵੇ।

ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਬਾਹਰ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ। ਪੰਜਾਬ ਸਰਕਾਰ ਵੱਲੋਂ ਅੱਜ ਵਿਸ਼ੇਸ਼ ਸੈਸ਼ਨ ਦੌਰਾਨ ਕੁੱਲ ਪੰਜ ਸਰਕਾਰੀ ਪ੍ਰਸਤਾਵ ਪੇਸ਼ ਕੀਤੇ ਜਾਣਗੇ। ਇਨ੍ਹਾਂ ‘ਚ ਯਮੁਨਾ ਦੇ ਪਾਣੀ ਦਾ ਪੰਜਾਬ ਦਾ ਹਿੱਸਾ, ਤਿੰਨ ਹੈੱਡਵਰਕਸ ਦਾ ਕੰਟਰੋਲ, ਡੈਮ ਸੁਰੱਖਿਆ ਐਕਟ ਨੂੰ ਰੱਦ ਕਰਨਾ, ਰਾਜਸਥਾਨ ਤੋਂ ਪਾਣੀ ਦੀ ਕੀਮਤ ਵਸੂਲੀ ਜਾਣਾ ਅਤੇ ਪਾਕਿਸਤਾਨ ਵੱਲ ਵਗਦੇ ਪਾਣੀ ਦਾ ਮੁੱਦਾ ਸ਼ਾਮਲ ਹੈ। ਇਸਦੇ ਨਾਲ ਹੀ ਮਨ ਸਰਕਾਰ ਦੋ ਰਿਪੋਰਟਾਂ ਪੇਸ਼ ਕਰੇਗੀ।

ਇਸ ਲੇਖ ਨੂੰ ਸਾਂਝਾ ਕਰੋ: