ਵਾਸ਼ਿੰਗਟਨ ਸੂਬੇ ਵਿੱਚ ਪੁਲਿਸ ਅਤੇ ਸ਼ੱਕੀ ਵਿਚਾਲੇ ਭਿਆਨਕ ਗੋਲੀਬਾਰੀ
3 ਨਵੰਬਰ ਨੂੰ ਵਾਸ਼ਿੰਗਟਨ ਸੂਬੇ ਦੇ Spokane County ਵਿੱਚ ਇੱਕ ਘਰ ਅੰਦਰ ਹੋਈ ਗੋਲੀਬਾਰੀ ਤੋਂ ਬਾਅਦ ਪੁਲਿਸ ਅਤੇ ਸ਼ੱਕੀ ਵਿਚਾਲੇ ਭਿਆਨਕ ਮੁਕਾਬਲਾ ਹੋਇਆ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਪੁਲਿਸ ਅਧਿਕਾਰੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਜਾਣਕਾਰੀ ਅਨੁਸਾਰ ਪੁਲਿਸ ਨੂੰ ਦੁਪਹਿਰ ਕਰੀਬ ਢਾਈ ਵਜੇ ਇੱਕ ਔਰਤ ਵੱਲੋਂ ਸੂਚਨਾ ਮਿਲੀ ਸੀ ਕਿ ਉਸ ਦੇ ਭਰਾ ਨੇ ਉਸ ਨੂੰ ਗੋਲੀ ਮਾਰ ਦਿੱਤੀ ਹੈ। ਪੁਲਿਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਪਤਾ ਲੱਗਾ ਕਿ ਸ਼ੱਕੀ ਵਿਅਕਤੀ ਖ਼ਿਲਾਫ਼ ਪਹਿਲਾਂ ਹੀ ਗ੍ਰਿਫ਼ਤਾਰੀ ਦਾ ਵਾਰੰਟ ਸੀ ਅਤੇ ਘਰ ਅੰਦਰ ਹੋਰ ਲੋਕਾਂ ਦੇ ਵੀ ਜਾਨੀ ਨੁਕਸਾਨ ਦਾ ਖ਼ਦਸ਼ਾ ਸੀ। ਇਸ ਤੋਂ ਬਾਅਦ SWAT ਟੀਮ ਨੂੰ ਮੌਕੇ ’ਤੇ ਬੁਲਾਇਆ ਗਿਆ। ਜਦੋਂ ਪੁਲਿਸ ਅਧਿਕਾਰੀਆਂ ਨੇ ਘਰ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਅੰਦਰੋਂ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਫਾਇਰਿੰਗ ਵਿੱਚ ਦੋ SWAT ਅਧਿਕਾਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਵਾਬੀ ਕਾਰਵਾਈ ਕਰਦਿਆਂ ਪੁਲਿਸ ਨੇ ਵੀ ਗੋਲੀਆਂ ਚਲਾਈਆਂ ਅਤੇ ਆਪਣੇ ਜ਼ਖ਼ਮੀ ਸਾਥੀਆਂ ਨੂੰ ਸੁਰੱਖਿਅਤ ਥਾਂ ’ਤੇ ਲਿਜਾਣ ਦੀ ਕੋਸ਼ਿਸ਼ ਕੀਤੀ। ਇਸ ਪੂਰੀ ਘਟਨਾ ਵਿੱਚ ਘਰ ਅੰਦਰੋਂ ਇੱਕ ਵਿਅਕਤੀ ਅਤੇ ਬਾਹਰੋਂ ਇੱਕ ਹੋਰ ਵਿਅਕਤੀ ਮ੍ਰਿਤਕ ਮਿਲਿਆ, ਜਦਕਿ ਸ਼ੱਕੀ ਦੀ ਵੀ ਮੌਤ ਹੋ ਗਈ। ਦੋਵੇਂ ਜ਼ਖ਼ਮੀ ਪੁਲਿਸ ਅਧਿਕਾਰੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਗਈ। ਸ਼ਿਕਾਇਤ ਕਰਨ ਵਾਲੀ ਔਰਤ ਵੀ ਜ਼ਖ਼ਮੀ ਹੋਈ ਸੀ, ਪਰ ਉਸ ਦੀਆਂ ਸੱਟਾਂ ਜਾਨਲੇਵਾ ਨਹੀਂ ਸਨ। ਫਿਲਹਾਲ ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ। ਇਸ ਘਟਨਾ ਨੇ ਇੱਕ ਵਾਰ ਫਿਰ ਅਮਰੀਕਾ ਵਿੱਚ ਘਰੇਲੂ ਹਿੰਸਾ ਅਤੇ ਪੁਲਿਸ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।