ਫ਼ਤਿਹਗੜ੍ਹ ਸਾਹਿਬ ਵਿਚ ਵਾਪਰਿਆ ਦਰਦਨਾਕ ਹਾਦਸਾ, ਤਿੰਨ ਨੌਜਵਾਨਾਂ ਦੀ ਹੋਈ ਮੌਤ
ਫ਼ਤਿਹਗੜ੍ਹ ਸਾਹਿਬ: ਪੰਜਾਬ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਿੰਡ ਹਿੰਦੂਪੁਰ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਹਾਦਸਾ ਦੇਰ ਰਾਤ ਉਸ ਵੇਲੇ ਵਾਪਰਿਆ ਜਦੋਂ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿਤੀ।
ਥਾਣਾ ਬਡਾਲੀ ਆਲਾ ਸਿੰਘ ਦੇ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਮ੍ਰਿਤਕਾਂ ਦੀ ਪਛਾਣ ਅਵਤਾਰ ਸਿੰਘ, ਸਤਵਿੰਦਰ ਸਿੰਘ ਤੇ ਮੋਹਨ ਸਿੰਘ ਵਜੋਂ ਹੋਈ ਹੈ, ਜੋਕਿ ਪਿੰਡ ਬੀਬੀਪੁਰ ਦੇ ਰਹਿਣ ਵਾਲੇ ਸਨ।
ਇਹ ਤਿੰਨੋਂ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਡਾਲੀ ਆਲਾ ਸਿੰਘ ਵਾਲੀ ਸਾਈਡ ਤੋਂ ਅਪਣੇ ਪਿੰਡ ਬੀਬੀਪੁਰ ਵਲ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਪਿੰਡ ਹਿੰਦੂਪੁਰ ਕੋਲ ਪਹੁੰਚੇ ਤਾਂ ਪਿੱਛੋਂ ਆ ਰਹੀ ਇਕ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿਤੀ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ। ਪੁਲਿਸ ਵਲੋਂ ਫਰਾਰ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਪਿੰਡ ਬੀਬੀਪੁਰ ਵਿਚ ਸੋਗ ਦੀ ਲਹਿਰ ਫੈਲ ਗਈ ਹੈ।