ਪਿਛਲੀਆਂ ਸਰਕਾਰਾਂ ਦੇ ਸਕਾਲਰਸ਼ਿਪ ਘਪਲੇ ਕਾਰਨ ਵਿਦਿਆਰਥੀ ਪ੍ਰੀਖਿਆਵਾਂ ਤੋਂ ਰਹੇ ਵਾਂਝੇ: CM ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ‘ਰੰਗਲਾ ਪੰਜਾਬ’ ਮਿਸ਼ਨ ਤਹਿਤ ਜਲੰਧਰ ਦੇ ਪੀਏਪੀ ਗਰਾਊਂਡ ਵਿਖੇ ਬੀਤੇ ਦਿਨ ਅਨੁਸੂਚਿਤ ਜਾਤੀ (ਐਸਸੀ) ਸ਼੍ਰੇਣੀ ਦੇ 2.7 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡਣ ਦੀ ਸ਼ੁਰੂਆਤ ਕੀਤੀ, ਮੁੱਖ ਮੰਤਰੀ ਮਾਨ ਨੇ ਕਿਹਾ ਕਿ ‘ਰੰਗਲਾ ਪੰਜਾਬ’ ਮਿਸ਼ਨ ਤਹਿਤ 271 ਕਰੋੜ ਰੁਪਏ ਦੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੰਜਾਬ ਸਰਕਾਰ ਦੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਦੀ ਪਹਿਲਕਦਮੀ ਦੱਸਿਆ|
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸੱਤਾ ‘ਚ ਰਹਿੰਦਿਆਂ ਆਪਣੇ ਪਰਿਵਾਰਾਂ ਦੇ ਹਿੱਤਾਂ ਦੀ ਪੈਰਵੀ ਕਰ ਰਹੀਆਂ ਹਨ, ਪਰ ਆਮ ਆਦਮੀ ਪਾਰਟੀ ਸਿਰਫ਼ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ‘ਤੇ ਕੇਂਦ੍ਰਿਤ ਹੈ।
2020-21 ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀ ‘ਚ 35 ਪ੍ਰਤੀਸ਼ਤ ਵਾਧੇ ਦਾ ਜ਼ਿਕਰ ਕਰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਧਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਗਵਾਹੀ ਭਰਦਾ ਹੈ। ਉਨ੍ਹਾਂ ਕਿਹਾ ਕਿ ਵਜ਼ੀਫ਼ੇ ਸਿਰਫ਼ ਵਿੱਤੀ ਸਹਾਇਤਾ ਨਹੀਂ ਹਨ, ਸਗੋਂ ਸਵੈ-ਨਿਰਭਰਤਾ ਦਾ ਸਾਧਨ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ, ਸਾਡੀ ਸਰਕਾਰ ਨੇ ਇੱਕ ਅਜਿਹੀ ਪ੍ਰਣਾਲੀ ਨੂੰ ਸੁਧਾਰਨ ਦਾ ਯਤਨ ਕੀਤਾ ਹੈ ਜਿਸਨੂੰ ਕਈ ਸਾਲਾਂ ਤੋਂ ਜਾਣਬੁੱਝ ਕੇ ਨਜ਼ਰਅੰਦਾਜ਼ ਕੀਤਾ ਗਿਆ ਸੀ, ਕਿਉਂਕਿ ਫੰਡ ਜਾਰੀ ਕਰਨ ‘ਚ ਦੇਰੀ ਅਤੇ ਫੰਡਾਂ ਦੀ ਦੁਰਵਰਤੋਂ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ‘ਚ ਬੈਠਣ ਤੋਂ ਵਾਂਝਾ ਕਰ ਰਹੀ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਜਲੰਧਰ ਦੇ ਪੀਏਪੀ ਗਰਾਊਂਡ ਵਿਖੇ, ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ ਗਏ, ਜਿਸ ਨਾਲ ਪੰਜਾਬ ਭਰ ਦੇ 2.7 ਲੱਖ ਤੋਂ ਵੱਧ ਬੱਚਿਆਂ ਨੂੰ ਵਜ਼ੀਫ਼ਾ ਵੰਡ ਦੀ ਸ਼ੁਰੂਆਤ ਹੋਈ। 2020-21 ਦੇ ਮੁਕਾਬਲੇ, 2024-25 ‘ਚ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ‘ਚ 35 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ ਜਾਂ ਪੈਸੇ ਦੀ ਘਾਟ ਕਾਰਨ ਆਪਣੇ ਸੁਪਨਿਆਂ ਨੂੰ ਛੱਡਣ ਲਈ ਮਜਬੂਰ ਨਾ ਹੋਵੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਘਪਲਿਆਂ ਤੋਂ ਲੈ ਕੇ ‘ਰੰਗਲੇ ਪੰਜਾਬ’ ਤੱਕ, ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਸਮਾਜਿਕ ਤਬਦੀਲੀ ਲਈ ਇੱਕ ਸ਼ਕਤੀਸ਼ਾਲੀ ਸਾਧਨ ਬਣ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ 2017 ਤੋਂ 2020 ਤੱਕ ਦੇ ਸਮੇਂ ਇਹ ਯੋਜਨਾ ਲਗਭਗ ਠੱਪ ਹੋ ਗਈ ਸੀ, ਵਿਦਿਅਕ ਸੰਸਥਾਵਾਂ ਨੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਦਿੱਤੀਆਂ ਸਨ। ਮੁੱਖ ਮੰਤਰੀ ਨੇ ਕਿਹਾ, “ਇਸ ਯੋਜਨਾ ਤਹਿਤ ਇੱਕ ਘਪਲਾ ਹੋਇਆ ਸੀ ਅਤੇ ਹਰ ਪੰਜਾਬੀ ਇਸ ਤੋਂ ਬਹੁਤ ਨਿਰਾਸ਼ ਅਤੇ ਦੁਖੀ ਸੀ।
ਇਸ ਵਿਭਾਗ ਦੇ ਤਤਕਾਲੀ ਮੰਤਰੀ ਨੇ ਆਪਣੇ ਹੀ ਭਾਈਚਾਰੇ ਨਾਲ ਧੋਖਾ ਕਰਕੇ ਕਮਜ਼ੋਰ ਵਰਗਾਂ ਦੇ ਬੱਚਿਆਂ ਦੀ ਸਿੱਖਿਆ ਲਈ ਗੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾਇਆ।” ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਰੱਖੇ ਫੰਡਾਂ ਨੂੰ ਹੜੱਪਿਆ ਗਿਆ, ਜਿਸ ਨਾਲ ਉਨ੍ਹਾਂ ਨੂੰ ਜਾਇਜ਼ ਮੌਕਿਆਂ ਤੋਂ ਵਾਂਝਾ ਕੀਤਾ ਗਿਆ।
ਮੁੱਖ ਮੰਤਰੀ ਨੇ ਸਟੇਜ ਤੋਂ ਸੰਤ ਰਾਮ ਉਦਾਸੀ ਦੀ ਕਵਿਤਾ, ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ’ ਵੀ ਸਾਂਝੀ ਕੀਤੀ। ਉਨ੍ਹਾਂ ਕਿਹਾ, “ਇਹ ਕਵਿਤਾ ਮੇਰੇ ਦਿਲ ਦੇ ਬਹੁਤ ਨੇੜੇ ਹੈ ਅਤੇ ਲੋਕਾਂ ਨੂੰ ਹਮੇਸ਼ਾ ਸਖ਼ਤ ਮਿਹਨਤ ‘ਚ ਵਿਸ਼ਵਾਸ ਕਰਨ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ, “ਇਹ ਯੋਜਨਾ ਸਾਡੀ ਸਰਕਾਰ ਦੀ ਸਮਾਜਿਕ ਨਿਆਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਵਿਸ਼ਵਾਸ ਦਾ ਪ੍ਰਮਾਣ ਹੈ ਕਿ ਸਿੱਖਿਆ ਸਮਾਜਿਕ ਅਸਮਾਨਤਾ ਨੂੰ ਖਤਮ ਕਰਨ ਲਈ ਸਭ ਤੋਂ ਸ਼ਕਤੀਸ਼ਾਲੀ ਹਥਿਆਰ ਹੈ।”