ਸ੍ਰੀ ਮੁਕਤਸਰ ਸਾਹਿਬ ‘ਚ ਲੋਕ ਮਿਲਣੀ ਦੌਰਾਨ CM ਨੇ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਦੀ ਰਾਖੀ ਕਰਨ ਦਾ ਪ੍ਰਣ ਲਿਆ
ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਪਾਸੋਂ ਆਸ਼ੀਰਵਾਦ, ਸਿਰੋਪੇ ਅਤੇ ਚਿੱਤਰ ਪ੍ਰਾਪਤ ਕੀਤੇ। ਲੋਕਾਂ ਦੇ ਉਤਸ਼ਾਹ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੁੱਟ ਪਾਊ ਰਾਜਨੀਤੀ ‘ਤੇ ਤਿੱਖਾ ਹਮਲਾ ਬੋਲਦੇ ਹੋਏ ਐਲਾਨ ਕੀਤਾ ਕਿ ਸਿਆਸੀ ਲਾਭ ਲਈ ਪੰਜਾਬ ਦੀ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਦੇ ਵੀ ਭੰਗ ਨਹੀਂ ਹੋਣ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਚਿਤਾਵਨੀ ਦਿੰਦੇ ਹੋਏ ਕਿ ਪੰਜਾਬ ਵਿਰੋਧੀ ਤਾਕਤਾਂ ਫਿਰਕੂ ਧਰੁਵੀਕਰਨ ਰਾਹੀਂ ਸੂਬੇ ਨੂੰ ਕਾਲੇ ਦਿਨਾਂ ਵਿੱਚ ਵਾਪਸ ਖਿੱਚਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਮਿੱਟੀ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਸਭ ਕੁਝ ਪੈਦਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਡਰ ਅਤੇ ਫੁੱਟ ਫੈਲਾਉਣ ਦੀ ਹਰ ਕੋਸ਼ਿਸ਼ ਨੂੰ ਇੱਕਜੁੱਟ ਹੋ ਕੇ ਹਰਾਉਣਗੇ। ਭਾਜਪਾ ‘ਤੇ “ਭਾਈਚਾਰਿਆਂ ਵਿਚਕਾਰ ਵੰਡੀਆਂ ਪਾਉਣ ਦੀ ਰਾਜਨੀਤੀ” ਦਾ ਨਿਸ਼ਾਨਾ ਲਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹਰ ਤਿਉਹਾਰ ਇਕੱਠੇ ਮਨਾਉਂਦਾ ਹੈ ਅਤੇ ਅਜਿਹੇ ਏਜੰਡਿਆਂ ਨੂੰ ਸਖ਼ਤੀ ਨਾਲ ਰੱਦ ਕਰੇਗਾ। ਨਾਲ ਹੀ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026 ਇਹ ਯਕੀਨੀ ਬਣਾਏਗਾ ਕਿ ਬੇਅਦਬੀ ਦਾ ਕੋਈ ਵੀ ਦੋਸ਼ੀ ਕਾਨੂੰਨ ਦੀਆਂ ਕਮੀਆਂ ਦਾ ਫਾਇਦਾ ਉਠਾ ਕੇ ਸਜ਼ਾ ਤੋਂ ਬਚ ਨਾ ਸਕੇ।
ਲੋਕ ਮਿਲਣੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨਫ਼ਰਤ ਅਤੇ ਵੰਡ ਪਾਊ ਰਾਜਨੀਤੀ ਦੇ ਵਿਰੁੱਧ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਪੰਜਾਬੀਆਂ ਨੂੰ ਸੂਬੇ ਨੂੰ ਕਾਲੇ ਦਿਨਾਂ ਵਿੱਚ ਵਾਪਸ ਧੱਕਣ ਦੇ ਉਦੇਸ਼ ਨਾਲ ਕੀਤੇ ਜਾਣ ਵਾਲੇ ਹਰ ਯਤਨ ਨੂੰ ਹਰਾਉਣ ਲਈ ਇੱਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਆਪਸੀ ਪਿਆਰ, ਸਹਿਣਸ਼ੀਲਤਾ ਅਤੇ ਸਦਭਾਵਨਾ ਦਾ ਰਸਤਾ ਦਿਖਾਇਆ ਹੈ। ਉਨ੍ਹਾਂ ਕਿਹਾ, “ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਅਤੇ ਇਸ ‘ਤੇ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਕੁਝ ਵੀ ਉੱਗ ਸਕਦਾ ਹੈ। ਲੋਕਾਂ ਵਿੱਚ ਸਮਾਜਿਕ ਸਾਂਝ ਪਹਿਲਾਂ ਹੀ ਬਹੁਤ ਮਜ਼ਬੂਤ ਹੈ ਅਤੇ ਲੋਕਾਂ ਨੂੰ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਇਕੱਠੇ ਹੋਣਾ ਚਾਹੀਦਾ ਹੈ।”
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬੀਆਂ ਨੂੰ ਇੱਕਜੁੱਟ ਹੋ ਕੇ ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦੇ ਵਿਰੁੱਧ ਫੁੱਟ ਪਾਊ ਤਾਕਤਾਂ ਨੂੰ ਢੁਕਵਾਂ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਜੋ ਲੋਕ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਪੰਜਾਬ ਦੇ ਦੁਸ਼ਮਣ ਹਨ ਕਿਉਂਕਿ ਉਹ ਸੂਬੇ ਨੂੰ ਫਿਰ ਤੋਂ ਕਾਲੇ ਦਿਨਾਂ ਵਿੱਚ ਧੱਕਣਾ ਚਾਹੁੰਦੇ ਹਨ।”
ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਂ ਪਾਰਟੀ ਨੇ ਫੁੱਟ ਪਾਊ ਰਾਜਨੀਤੀ ਰਾਹੀਂ ਮਹਾਰਾਸ਼ਟਰ, ਹਰਿਆਣਾ, ਬਿਹਾਰ, ਉੱਤਰ ਪ੍ਰਦੇਸ਼ ਅਤੇ ਬੰਗਾਲ ਵਿੱਚ ਸੱਤਾ ਹਾਸਲ ਕੀਤੀ ਹੈ, ਪਰ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਵੇਗੀ ਕਿਉਂਕਿ ਪੰਜਾਬੀ ਹਰ ਤਿਉਹਾਰ ਇਕੱਠੇ ਮਨਾਉਂਦੇ ਹਨ। ਉਨ੍ਹਾਂ ਕਿਹਾ, “ਕੁਝ ਰਾਜਨੀਤਿਕ ਪਾਰਟੀਆਂ ਧਰਮ ਦੇ ਨਾਮ ‘ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਭਾਜਪਾ ਦੀ ਰਾਜਨੀਤੀ ਭਾਈਚਾਰਿਆਂ ਵਿੱਚ ਫੁੱਟ ਪਾਉਣ ਅਤੇ ਫਿਰ ਵੋਟਾਂ ਲਈ ਦੋਵਾਂ ਧਿਰਾਂ ਨੂੰ ਡਰਾਉਣ ਦੇ ਆਲੇ-ਦੁਆਲੇ ਘੁੰਮਦੀ ਹੈ। ਪੰਜਾਬ ਨੂੰ ਅਜਿਹੀਆਂ ਤਾਕਤਾਂ ਨੂੰ ਪੂਰੀ ਤਰ੍ਹਾਂ ਰੱਦ ਕਰਨਾ ਚਾਹੀਦਾ ਹੈ ਕਿਉਂਕਿ ਸੂਬਾ ਪਹਿਲਾਂ ਹੀ ਪਿਛਲੇ ਸਮੇਂ ਵਿੱਚ ਕਾਲੇ ਦਿਨ ਦੇਖ ਚੁੱਕਾ ਹੈ ਜਿਸ ਨੇ ਇਸਦੇ ਵਿਕਾਸ ਨੂੰ ਪਟੜੀ ਤੋਂ ਉਤਾਰ ਦਿੱਤਾ ਸੀ।”