ਕੈਲੀਫੋਰਨੀਆ 'ਚ Halloween ਸਟੋਰ 'ਤੇ ਅੰਨ੍ਹੇਵਾਹ ਗੋਲੀਬਾਰੀ! ਇੱਕ ਦੀ ਮੌਤ, 6 ਲੋਕ ਜ਼ਖ਼ਮੀ

ਅਮਰੀਕਾ ਦੇ ਕੈਲੀਫੋਰਨੀਆ ਸੂਬੇ ਤੋਂ ਗੋਲੀਬਾਰੀ ਦੀ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ Halloween ਦੀਆਂ ਤਿਆਰੀਆਂ ਵਿਚਕਾਰ ਇੱਕ ਸਟੋਰ ਗੋਲੀਆਂ ਦੀ ਆਵਾਜ਼ ਨਾਲ ਗੂੰਜ ਉੱਠਿਆ। Fairfield ਸ਼ਹਿਰ ਦੇ Solano Town Center ਵਿੱਚ ਸਥਿਤ Spirit Halloween ਸਟੋਰ ਵਿੱਚ 30 ਅਕਤੂਬਰ ਦੀ ਦੇਰ ਰਾਤ ਹੋਈ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਛੇ ਹੋਰ ਲੋਕ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਇਸ ਘਟਨਾ ਵਿੱਚ ਕੁੱਲ ਸੱਤ ਵਿਅਕਤੀਆਂ ਨੂੰ ਗੋਲੀਆਂ ਲੱਗੀਆਂ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ। ਹੁਣ ਜਾਂਚ ਏਜੰਸੀਆਂ ਇਹ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ ਕਿ ਗੋਲੀਬਾਰੀ ਕਰਨ ਵਾਲਾ ਕੌਣ ਸੀ ਅਤੇ ਉਸ ਨੇ ਲੋਕਾਂ ਨੂੰ ਨਿਸ਼ਾਨਾ ਕਿਉਂ ਬਣਾਇਆ। ਕੀ ਇਹ ਕਿਸੇ ਨਿੱਜੀ ਰੰਜਿਸ਼ ਦਾ ਨਤੀਜਾ ਸੀ ਜਾਂ ਇਸ ਪਿੱਛੇ ਕੋਈ ਹੋਰ ਕਾਰਨ ਸੀ, ਇਸ ਬਾਰੇ ਪੁਲਿਸ ਨੇ ਅਜੇ ਕੋਈ ਅਧਿਕਾਰਤ ਖੁਲਾਸਾ ਨਹੀਂ ਕੀਤਾ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇੱਕ ਅਜਿਹੀ ਜਗ੍ਹਾ ਜਿੱਥੇ ਲੋਕ Halloween ਦੀ ਖਰੀਦਦਾਰੀ ਕਰਨ ਪਹੁੰਚੇ ਹੋਏ ਸਨ, ਉੱਥੇ ਅਚਾਨਕ ਮੌਤ ਦਾ ਇਹ ਤਾਂਡਵ ਕਿਵੇਂ ਸ਼ੁਰੂ ਹੋ ਗਿਆ? ਪੁਲਿਸ ਵੱਲੋਂ ਗਵਾਹਾਂ ਤੋਂ ਪੁੱਛਗਿੱਛ ਅਤੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਜਾਰੀ ਹੈ।

ਇਸ ਲੇਖ ਨੂੰ ਸਾਂਝਾ ਕਰੋ: