ਟ੍ਰਾਈਡੈਂਟ ਗਰੁੱਪ ਬਨਾਮ PPCB : ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੁਣਵਾਈ ਤੋਂ ਬਾਅਦ ਫੈਸਲਾ ਰੱਖਿਆ ਸੁਰੱਖਿਅਤ
ਪੰਜਾਬ ਦੇ ਮਸ਼ਹੂਰ ਉਦਯੋਗਪਤੀ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੀ ਮਾਲਕੀ ਵਾਲੀ ਕੰਪਨੀ ਟ੍ਰਾਈਡੈਂਟ ਲਿਮਟਿਡ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (PPCB) ਵਿਚਕਾਰ ਚੱਲ ਰਹੀ ਕਾਨੂੰਨੀ ਲੜਾਈ ਵਿੱਚ ਅੱਜ ਇੱਕ ਅਹਿਮ ਮੋੜ ਆਇਆ ਹੈ । ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅੱਜ ਹੋਈ ਸੁਣਵਾਈ ਦੌਰਾਨ ਅਦਾਲਤ ਵਿੱਚ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਹੋਈ। ਟ੍ਰਾਈਡੈਂਟ ਲਿਮਟਿਡ ਵਲੋਂ ਪੇਸ਼ ਹੋਏ ਵਕੀਲਾਂ ਨੇ ਕੰਪਨੀ ਦਾ ਪੱਖ ਰੱਖਦਿਆਂ ਕੁਝ ਅਹਿਮ ਮੰਗਾਂ ਕੀਤੀਆਂ, ਜਦਕਿ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਟੀਸ਼ਨ ਦੇ ਅਧਾਰ 'ਤੇ ਹੀ ਸਵਾਲ ਚੁੱਕੇ।
ਕੰਪਨੀ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਸੈਂਟਰਲ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਨੂੰ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਫੈਕਟਰੀ ਵਿੱਚੋਂ ਲਏ ਗਏ ਨਮੂਨੇ (Samples) ਜਾਂਚ ਲਈ ਪੰਜਾਬ ਤੋਂ ਬਾਹਰ ਕਿਸੇ ਸੁਤੰਤਰ ਏਜੰਸੀ ਨੂੰ ਭੇਜੇ ਜਾਣ, ਤਾਂ ਜੋ ਜਾਂਚ ਦੀ ਪਾਰਦਰਸ਼ਤਾ ਬਣੀ ਰਹੇ। ਦੂਜੇ ਪਾਸੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਕੀਲਾਂ ਨੇ ਇਸ ਪਟੀਸ਼ਨ ਦੀ (Maintainability) 'ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਇਹ ਮਾਮਲਾ ਤਕਨੀਕੀ ਤੌਰ 'ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ, ਇਸ ਲਈ ਪਟੀਸ਼ਨਰ ਨੂੰ ਹਾਈ ਕੋਰਟ ਦੀ ਬਜਾਏ NGT ਤੱਕ ਪਹੁੰਚ ਕਰਨੀ ਚਾਹੀਦੀ ਸੀ।
ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ PPCB ਨੇ ਬਰਨਾਲਾ ਸਥਿਤ ਟ੍ਰਾਈਡੈਂਟ ਦੇ ਯੂਨਿਟ 'ਤੇ ਛਾਪੇਮਾਰੀ ਕੀਤੀ ਸੀ। ਕੰਪਨੀ ਨੇ ਇਸ ਕਾਰਵਾਈ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੰਦਿਆਂ ਇਸ ਨੂੰ "ਸਿਆਸਤ ਤੋਂ ਪ੍ਰੇਰਿਤ" ਦੱਸਿਆ ਸੀ। ਜ਼ਿਕਰਯੋਗ ਹੈ ਕਿ ਇਹ ਸਾਰਾ ਘਟਨਾਕ੍ਰਮ ਰਾਜਿੰਦਰ ਗੁਪਤਾ ਦੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਤੇਜ਼ ਹੋਇਆ ਹੈ।